ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਭਾਰੀ ਬਾਰਿਸ਼, ਓਲਾਵ੍ਰਿਸ਼ਟੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਤਿਆਰ ਫਸਲ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਕਟਾਈ ਲਈ ਤਿਆਰ ਖੜ੍ਹੀ ਕਣਕ ਦੀ
ਪੰਜਾਬ ਦੇ ਕਈ ਹਿੱਸਿਆਂ ਵਿੱਚ ਹੋਈ ਭਾਰੀ ਬਾਰਿਸ਼, ਓਲਾਵ੍ਰਿਸ਼ਟੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਤਿਆਰ ਫਸਲ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਕਟਾਈ ਲਈ ਤਿਆਰ ਖੜ੍ਹੀ ਕਣਕ ਦੀ ਫਸਲ ‘ਤੇ ਕੁਦਰਤ ਦੀ ਮਾਰ ਪਈ ਹੈ, ਜਿਸ ਨਾਲ ਹਜ਼ਾਰਾਂ ਏਕੜ ਵਿੱਚ ਨੁਕਸਾਨ ਹੋਇਆ ਹੈ। ਮਾਲਵਾ ਬੈਲਟ ਦੇ ਬਠਿੰਡਾ, ਫਾਜ਼ਿਲਕਾ (ਜਲਾਲਾਬਾਦ), ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਬਰਨਾਲਾ ਵਰਗੇ ਜ਼ਿਲ੍ਹੇ ਇਸ ਨੁਕਸਾਨ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਬਠਿੰਡਾ ਤੇ ਜਲਾਲਾਬਾਦ ‘ਚ ਫ਼ਸਲਾਂ ਦਾ ਵੱਡਾ ਨੁਕਸਾਨ
ਬਠਿੰਡਾ ਦੇ ਪਿੰਡ ਗੋਬਿੰਦਪੁਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੜ੍ਹੇਮਾਰੀ ਨੇ ਭਾਰੀ ਤਬਾਹੀ ਮਚਾਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੋ ਫ਼ਸਲ ਵਾਢੀ ਲਈ ਤਿਆਰ ਸੀ, ਉਹ ਹੁਣ ਪੂਰੀ ਤਰ੍ਹਾਂ ਧਰਤੀ ‘ਤੇ ਵਿਛ ਚੁੱਕੀ ਹੈ। ਕਿਸਾਨਾਂ ਨੇ ਦੱਸਿਆ ਕਿ ਇਸ ਮਾਰ ਕਾਰਨ 25 ਤੋਂ 30% ਦੇ ਕਰੀਬ ਫ਼ਸਲ ਖ਼ਰਾਬ ਹੋਈ ਹੈ। ਇਸ ਦੇ ਨਾਲ ਹੀ ਫਾਜ਼ਿਲਕਾ ਦੇ ਜਲਾਲਾਬਾਦ ਵਿੱਚ ਵੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ ਬੇਮੌਸਮੀ ਮੀਂਹ ਕਾਰਨ ਮੰਡੀਆਂ ਵਿੱਚ ਸ਼ੁਰੂ ਹੋਣ ਵਾਲੀ ਕਣਕ ਦੀ ਖ਼ਰੀਦ ਪ੍ਰਕਿਰਿਆ ਵਿੱਚ ਵੀ ਵਿਘਨ ਪੈਣ ਦੀ ਸੰਭਾਵਨਾ ਹੈ।
ਕਿਸਾਨਾਂ ਦੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ
ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਆਪਣੇ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਅੱਖਾਂ ਸਾਹਮਣੇ ਬਰਬਾਦ ਹੁੰਦੇ ਦੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋ ਰਿਹਾ ਹੈ। ਖੇਤਾਂ ਵਿੱਚ ਕਣਕ ਵਿਛਣ ਕਾਰਨ ਹੁਣ ਕਟਾਈ ਕਰਨ ਵਿੱਚ ਵੱਡੀ ਦਿੱਕਤ ਆਵੇਗੀ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਖ਼ਰਾਬੇ ਦੀ ਗਿਰਦਾਵਰੀ ਕਰਵਾਈ ਜਾਵੇ ਅਤੇ ਪ੍ਰਤੀ ਏਕੜ 50,000 ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦਾ ਆਰਥਿਕ ਬੋਝ ਘੱਟ ਹੋ ਸਕੇ।

ਖੇਤੀਬਾੜੀ ਵਿਭਾਗ ਦੀ ਰਾਏ: ਰਾਹਤ ਅਤੇ ਚਿੰਤਾ
ਮੁੱਖ ਖੇਤੀਬਾੜੀ ਅਧਿਕਾਰੀ ਡਾ. ਹਰਬੰਸ ਸਿੰਘ ਸਿੱਧੂ ਨੇ ਗੱਲਬਾਤ ਕਰਦੇ ਦੱਸਿਆ ਹੈ ਕਿ ਹੁਣ ਤੱਕ ਹੋਈ ਬਰਸਾਤ ਕਾਰਨ ਸਿਰਫ਼ 5 ਤੋਂ 10 ਫ਼ੀਸਦੀ ਫ਼ਸਲ ਦਾ ਹੀ ਨੁਕਸਾਨ ਹੋਇਆ ਹੈ। ਜ਼ਿਕਰਯੋਗ ਉਨ੍ਹਾਂ ਨੇ ਕਿਹਾ ਕਿ ਮੌਸਮ ਵਿੱਚ ਆਈ ਠੰਢਕ ਦੇ ਨਾਲ ਕਣਕ ਦੇ ਦਾਣੇ ਨੂੰ ਮੋਟਾ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਝਾੜ ਵੱਧ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਵਿਛੀ ਹੋਈ ਕਣਕ ਦੀ ਕਟਾਈ ਅੱਜ-ਕੱਲ੍ਹ ਦੀਆਂ ਆਧੁਨਿਕ ਕੰਬਾਈਨਾਂ ਨਾਲ ਆਸਾਨੀ ਨਾਲ ਹੋ ਜਾਵੇਗੀ। ਹਾਲਾਂਕਿ, ਉਨ੍ਹਾਂ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਮੀਂਹ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਨੁਕਸਾਨ ਹੋਣ ਦੀ ਸੰਭਾਵਨਾ ਵੱਧ ਸਕਦੀ ਹੈ।

ਮੀਂਹ ਦੇ ਅੰਕੜਿਆਂ ਨੇ ਤੋੜੇ ਰਿਕਾਰਡ
ਮੌਸਮ ਵਿਭਾਗ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਆਮ ਨਾਲੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਆਮ ਤੌਰ ‘ਤੇ 31 ਮਾਰਚ ਤੋਂ 1 ਅਪ੍ਰੈਲ ਤੱਕ ਸਿਰਫ਼ 0.1 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਉੱਥੇ ਹੀ ਇਸ ਵਾਰ 3.9 ਮਿਲੀਮੀਟਰ ਬਾਰਿਸ਼ ਹੋਈ ਹੈ।
ਬੇਮੌਸਮੀ ਮੀਂਹ ਅਤੇ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਇੱਕ ਪਾਸੇ ਤਾਂ ਫ਼ਸਲਾਂ ਮੰਡੀਆਂ ਵਿੱਚ ਆਉਣ ਲਈ ਤਿਆਰ ਸਨ, ਪਰ ਦੂਜੇ ਪਾਸੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਹੁਣ ਪਾਣੀ ਅਤੇ ਗਾਰੇ ਦੀ ਮਾਰ ਹੇਠ ਹਨ। ਹੁਣ ਕਿਸਾਨਾਂ ਦੀਆਂ ਨਜ਼ਰਾਂ ਸਰਕਾਰ ‘ਤੇ ਹਨ ਕਿ ਉਹ ਕਿੰਨੀ ਜਲਦੀ ਨੁਕਸਾਨ ਦਾ ਮੁਲਾਂਕਣ ਕਰਦੀ ਹੈ ਅਤੇ ਕਿਸਾਨਾਂ ਦੀ ਬਾਂਹ ਫੜਦੀ ਹੈ। ਅਗਲੇ ਕੁਝ ਦਿਨ ਪੰਜਾਬ ਦੀ ਖੇਤੀਬਾੜੀ ਅਤੇ ਖ਼ਰੀਦ ਪ੍ਰਬੰਧਾਂ ਲਈ ਬਹੁਤ ਮਹੱਤਵਪੂਰਨ ਹੋਣਗੇ।
COMMENTS